ਸ਼ਹੀਦ ਭਗਤ ਸਿੰਘ ਨਗਰ ਇਲਾਕੇ ‘ਚ ਅੱਜ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ–
ਲੁਧਿਆਣਾ (ਵਰਿਆਮ ਹਠੂਰ) ਸ਼ਹਿਰੀ ਖੇਤਰ ਦੀ ਹਰਿਆਵਲ ਵਿੱਚ ਵਾਧਾ ਕਰਨ ਦੇ ਮੰਤਵ ਨਾਲ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ.) ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੀ ਖਾਲੀ ਜ਼ਮੀਨ ‘ਤੇ ਵੱਡੇ ਪੱਧਰ ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਵੇ।ਸਥਾਨਕ ਪੱਖੋਵਾਲ ਰੋਡ ‘ਤੇ ਸ਼ਹੀਦ ਭਗਤ ਸਿੰਘ ਨਗਰ ਖੇਤਰ ਦੇ ਈ-ਬਲਾਕ ਵਿੱਚ ਐਜੂਕੇਸ਼ਨ ਕਲਚਰ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ, ਭਾਰਤ ਭੂਸ਼ਣ ਆਸ਼ੂ ਦੇ ਨਾਲ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਦਿਲਰਾਜ ਸਿੰਘ, ਰੁਪਿੰਦਰ ਕੌਰ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਪੰਜਾਬ ਮੀਡੀਅਮ ਇੰਡਸਟਰੀਅਲ ਬੋਰਡ ਦੇ ਡਾਇਰੈਕਟਰ ਸ੍ਰੀ ਪ੍ਰਦੀਪ ਢੱਲ, ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਖਾਲੀ ਜ਼ਮੀਨ ‘ਤੇ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਜਿਸ ਨਾਲ ਨਾ ਸਿਰਫ ਹਰਿਆਲੀ ਵਧੇਗੀ ਬਲਕਿ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਵਿੱਚ ਵੀ ਸਹਾਇਤਾ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਸਮਾਜ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾਵੇ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਸ਼ਹਿਰ ਵਿੱਚ ਗ੍ਰੀਨ ਕਵਰ ਵਧਾਉਣ ‘ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਹਰਿਆਵਲ ਦਾ ਘੱਟਣਾ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖਤਰਾ ਹੈ। ਆਸ਼ੂ ਨੇ ਕਿਹਾ ਕਿ ਇਨ੍ਹਾਂ ਰੁੱਖਾਂ ਨੂੰ ਲਗਾਉਣ ਦੇ ਨਾਲ-ਨਾਲ ਇਨ੍ਹਾਂ ਪੌਦਿਆਂ ਦੀ ਸਹੀ ਦੇਖਭਾਲ ‘ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਐਜੂ਼ਕੇਸ਼ਨ ਕਲਚਰ ਪ੍ਰਾਇਵੇਟ ਲਿਮਟਿਡ ਦੁਆਰਾ ਆਯੋਜਿਤ ਕੀਤੀ ਗਈ ਚੌਥੀ ਪੌਦੇ ਲਗਾਉਣ ਦੀ ਮੁਹਿੰਮ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰੇਕ ਵਿਅਕਤੀ ਨੂੰ ਪੌਦੇ ਲਗਾ ਕੇ ਧਰਤੀ ਗ੍ਰਹਿ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਬੂਟੇ ਸਹੀ ਢੰਗ ਨਾਲ ਉਗਾਏ ਜਾ ਸਕਣ। ਇਸ ਮੌਕੇ ਸੀ.ਈ.ਓ ਪ੍ਰਿਆ ਗਰਗ, ਐਮ.ਡੀ. ਦੇਵ ਗਰਗ ਅਤੇ ਹੋਰ ਸ਼ਾਮਲ ਸਨ।