ਡੀ.ਸੀ. ਨੇ ਐਨ.ਜੀ.ਓ., ੳਦਯੋਗ, ਹਸਪਤਾਲਾਂ ਤੇ ਸਮਾਜ ਸੇਵਕਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ–
ਲੋਕਾਂ ਲਈ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ ਲਈ ਕੀਤਾ ਪ੍ਰੇਰਿਤ–
ਲੁਧਿਆਣਾ (ਵਰਿਆਮ ਹਠੂਰ) ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਉਦਯੋਗਿਕ ਇਕਾਈਆਂ, ਵਿਦਿਅਕ ਸੰਸਥਾਵਾਂ, ਹਸਪਤਾਲਾਂ, ਸਮਾਜ ਸੇਵਕਾਂ ਅਤੇ ਹੋਰਾਂ ਦੇ ਨੁਮਾਇੰਦਿਆਂ ਨੂੰ ਚੱਲ ਰਹੀ ਕੋਵਿਡ-19 ਮਹਾਂਮਾਰੀ ਵਿੱਚ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਤ ਕੀਤਾ। ਗੈਰ-ਸਰਕਾਰੀ ਸੰਗਠਨ ‘ਸਿਟੀਨੀਡਜ਼’ ਦੁਆਰਾ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦੇ ਹੋਏ, ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਜ਼ਿਲ੍ਹੇ ਵਿੱਚ ਕੋਵਿਡ-19 ‘ਤੇ ਫਤਿਹ ਪਾਉਣ ਵਿੱਚ ਉਨ੍ਹਾਂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਉਹ ਸਾਰੇ ਮਹਾਂਮਾਰੀ ਦੌਰਾਨ ਪੱਬਾਂ ਭਾਰ ਰਹੇ ਅਤੇ ਲੋਕਾਂ ਦੀ ਸੇਵਾ ਕੀਤੀ। ਵਰਿੰਦਰ ਕੁਮਾਰ ਸ਼ਰਮਾ ਵੱਲੋਂ ਉਨ੍ਹਾਂ ਨੂੰ ਘਾਤਕ ਵਾਇਰਸ ਵਿਰੁੱਧ ਲੜਾਈ ਵਿੱਚ ਜੁਝਾਰੂ ਜੋਧੇ ਕਿਹਾ ਅਤੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀਆਂ ਮਾਣ ਮੱਤੀਆਂ ਸ਼ਖਸੀਅਤਾਂ ਦਾ ਸਨਮਾਨ ਕਰਨਾ ਜਾਰੀ ਰੱਖੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੇ ਯੁੱਧ ਵਿੱਚ ਮਿਸਾਲੀ ਹਿੰਮਤ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਹੈ, ਜਿਸ ਨਾਲ ਕੀਮਤੀ ਜਾਨਾਂ ਬਚ ਸਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਯੋਧਿਆਂ ਦੇ ਠੋਸ ਯਤਨਾਂ ਸਦਕਾ, ਜ਼ਿਲ੍ਹਾ ਘਾਤਕ ਲਹਿਰ ‘ਤੇ ਫਤਿਹ ਪਾਉਣ ਵਿੱਚ ਕਾਮਯਾਬ ਰਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਨਵੇਂ ਜੋਸ਼ ਅਤੇ ਜਨੂੰਨ ਨਾਲ ਅਜਿਹੀ ਸਮਾਜ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਦਿਖਾਈ ਗਈ ਅਡੋਲ ਭਾਵਨਾ ਅਤੇ ਦ੍ਰਿੜਤਾ ਦੂਜਿਆਂ ਲਈ ਇੱਕ ਉਦਾਹਰਣ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਉਹ ਮਾਨਵਤਾ ਦੀ ਸੇਵਾ ਨੂੰ ਯਕੀਨੀ ਬਣਾਉਣ ਵਿੱਚ ਬੇਮਿਸਾਲ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਸਿਵਲ ਸਰਜਨ ਡਾ. ਕਿਰਨ ਗਿੱਲ, ਡਾ. ਬਿਸ਼ਵ ਮੋਹਨ, ਡਾ. ਪੁਨੀਤ ਜੁਨੇਜਾ ਅਤੇ ਹੋਰ ਹਾਜ਼ਰ ਸਨ।