ਪੰਜਾਬ ਸਰਕਾਰ ਮਜਦੂਰਾਂ ਦੇ ਕਰਜੇ ਮੁਆਫ ਕਰਨ ਦਾ ਫਰੇਬ ਕਰਕੇ ਮਜਦੂਰਾਂ ਨੂੰ ਗੁੰਮਰਾਹ ਕਰ ਰਹੀ ਹੈ। (ਮਜਦੂਰ ਆਗੂ)
ਜਗਰਾਉਂ- (ਵਰਿਆਮ ਹਠੂਰ) ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਕੀਤੇ ਗਏ ,ਚੋਣਾਂ ਵਿੱਚ ਵਾਅਦੇ ਪੂਰੇ ਕਰਵਾਉਣ ਲਈ ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ (ਪੰਜਾਬ ਸਰਕਾਰ) ਦੇ ਰਿਹਾਇਸ਼ੀ ਸ਼ਹਿਰ ਪਟਿਆਲਾ ਵਿਖੇ 9-10- ਅਤੇ 11 ਅਗਸਤ ਨੂੰ ਤਿੰਨ ਰੋਜਾ ਧਰਨਾ ਲਾਇਆ ਜਾ ਰਿਹਾ ਹੈ। ਜਿਸ ਸਬੰਧੀ ਮੀਟਿੰਗਾਂ ਕਰਕੇ ਮਜਦੂਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪੰਜਾਬ ਦੇ ਪੇਂਡੂ ਤੇ ਖੇਤ ਮਜ਼ਦੂਰਾਂ ਵੱਲੋਂ ਤਿੰਨ ਰੋਜ਼ਾ ਧਰਨੇ ਸਬੰਧੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀਆਂ ਤਿਆਰੀਆਂ ਪੂਰੀ ਸਰਗਰਮੀ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਕੈਪਟਨ ਸਰਕਾਰ ਵੱਲੋਂ ਆਰਥਿਕ ਤੇ ਸਮਾਜਿਕ ਤੌਰ ਹਾਸ਼ੀਏ ਤੇ ਧੱਕੇ ਦਲਿਤਾਂ ਤੇ ਮਜ਼ਦੂਰਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫ਼ਰੇਬ ਕਰਕੇ ਮਜ਼ਦੂਰਾਂ ਨੂੰ ਗੁੰਮਰਾਹ ਕਰ ਰਹੀ ਹੈ। ਮਜ਼ਦੂਰਾਂ ਦੇ ਬਿਜਲੀ ਬਿੱਲ ਮੁਆਫ ਹੋਣ ਦੇ ਬਾਵਜੂਦ ਵੀ ਵੱਡੀਆਂ ਰਕਮਾਂ ਵਿੱਚ ਬਿੱਲ ਭੇਜ ਕੇ ਮਜ਼ਦੂਰ ਪਰਿਵਾਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਲਾਟ ਕਰਨ ਦਾ ਵਾਅਦਾ ਕੀਤਾ ਸੀ ਸੋ ਲਾਰਾ ਹੋ ਨਿਬੜਿਆ ਹੈ। ਇਸੇ ਤਰ੍ਹਾਂ ਮਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਕੰਮ ਵੀ ਭਿ੍ਰਸ਼ਟਾਚਾਰ ਅਤੇ ਪੱਖਪਾਤ ਦੀ ਭੇਂਟ ਚੜ੍ਹ ਗਿਆ ਹੈ। ਉਹਨਾਂ ਕਿਹਾ ਕਿ ਇਸ ਮੌਕੇ ਮੀਟਿੰਗ ਵਿੱਚ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਮਜ਼ਦੂਰਾਂ ਦੇ ਸਮੁੱਚੇ ਕਰਜਿਆਂ ਤੇ ਲੀਕ ਮਾਰੀ ਜਾਵੇ। ਮਜ਼ਦੂਰਾਂ ਦੇ ਬਿਜਲੀ ਬਿੱਲ ਬਕਾਏ ਮੁਆਫ਼ ਕੀਤੇ ਜਾਣ, ਮਨਰੇਗਾ ਦੀ ਦਿਹਾੜੀ 600 ਰੁਪਏ ਕਰਕੇ ਪੂਰੇ ਸਾਲ ਲਈ ਕੰਮ ਦਿੱਤਾ ਜਾਵੇ। ਮਕਾਨ ਪਾਉਣ ਲਈ ਪੰਜ ਲੱਖ ਦੀ ਗ੍ਰਾਂਟ ਦਿੱਤੀ ਜਾਵੇ। ਵਿੱਦਿਆ ਸਿਹਤ ਸਹੂਲਤਾਂ ਅਤੇ ਪੀਣ ਵਾਲੇ ਸਾਫ ਪਾਣੀ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਗੂ ਸੁਖਦੇਵ ਸਿੰਘ ਮਾਣੂੰਕੇ, ਕਲਵੰਤ ਸਿੰਘ ਸੋਨੀ, ਬਖਤੌਰ ਸਿੰਘ, ਰਣਧੀਰ ਸਿੰਘ ਧੀਰਾ, ਪਾਲ ਸਿੰਘ, ਸਮੇਤ ਦੀਵਾਨ ਸਿੰਘ, ਬਲਵਿੰਦਰ ਸਿੰਘ ਬੱਬੀ, ਮੁਖਤਿਆਰ ਸਿੰਘ, ਦਰਬਾਰਾ ਸਿੰਘ ਆਦਿ ਹਾਜ਼ਰ ਸਨ।